ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ।
ਦਾਖਲਿਆਂ ਲਈ ਵਿਦਿਆਰਥੀ ਆਨਲਾਈਨ ਵੀ ਕਰ ਸਕਦੇ ਹਨ ਅਪਲਾਈ – ਜ਼ਿਲ੍ਹਾ ਅਧਿਕਾਰੀ।
ਗੁਰਦਾਸਪੁਰ ,ਪਠਾਨਕੋਟ, 22 ਫਰਵਰੀ-:
( ਸੁਸ਼ੀਲ ਕੁਮਾਰ ਬਰਨਾਲਾ/ਸੋਹਨ ਲਾਲ)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਤੋਂ ਇੱਕ ਵਿਸ਼ੇਸ਼ ਦਾਖ਼ਲਾ ਵੈਨ ਰੈਲੀ ਸ਼ੁਰੂ ਕੀਤੀ ਗਈ। ਜਿਸਨੂੰ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਦਾਖ਼ਲਾ ਵੈਨ ਰੈਲੀ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਪ੍ਰੇਰਿਤ ਕਰੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਰੌਸ਼ਨ ਭਵਿੱਖ ਲਈ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਪੱਧਰ ’ਤੇ ਲਿਜਾਣ ਲਈ ਵਚਨਬੱਧ ਹੈ ਅਤੇ ਇਸ ਤਹਿਤ ਸੂਬੇ ਵਿੱਚ 117 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋ ਸਕੂਲ ਆਫ ਐਮੀਨੈਂਸ ਜ਼ਿਲ੍ਹਾ ਪਠਾਨਕੋਟ ਵਿੱਚ ਵੀ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਬੇਹਤਰ ਭਵਿੱਖ ਲਈ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਉਚ ਯੋਗਤਾ ਵਾਲੇ ਅਧਿਆਪਕ ਅਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿਦਿਆਰਥੀ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮਿਲਦੀਆਂ ਸਹੁਲਤਾਂ ਦੀ ਜਾਣਕਾਰੀ ਇਸ ਮੁਹਿੰਮ ਦੌਰਾਨ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਨਜ਼ਰੀਆ ਬਦਲਿਆ ਹੈ ਅਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਮੁੜ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਵਿਚ ਰੂਚੀ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਦਾਖਲੇ ਲਈ ਨੇੜੇ ਦੇ ਸਕੂਲ ਦੇ ਨਾਲ-ਨਾਲ ਹੁਣ ਆਨਲਾਈਨ ਪੋਰਟਲ ਤੇ ਵੀ ਰਜਿਸਟਰ ਕਰਵਾਇਆ ਜਾ ਸਕਦਾ ਹੈ।
ਉੱਪ ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ਵਰ ਸਲਾਰੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਇਸ ਅਭਿਆਨ ਦੌਰਾਨ ਅਧਿਆਪਕ ਸਮਾਜ ਵਿਚ ਰਾਬਤਾ ਕਾਇਮ ਕਰਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲੇ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਨੇ ਕਿਹਾ ਕਿ ਅਗਲੀ ਕਲਾਸ ਵਿਚ ਹੋਣ ਵਾਲੇ ਵਿਦਿਆਰਥੀਆਂ ਦੇ ਮੁੜ ਸਰਕਾਰੀ ਸਕੂਲਾਂ ਵਿਚ ਦਾਖਲੇ ਦੇ ਨਾਲ-ਨਾਲ ਸਕੂਲਾਂ ਤੋਂ ਵਾਂਝੇ ਵਿਦਿਆਰਥੀਆਂ ਨੂੰ ਵੀ ਸਕੂਲਾਂ ਵਿਚ ਦਾਖਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਸਟਾਫ਼ ਵੱਲੋਂ ਬੱਚਿਆਂ ਨੂੰ ਈ-ਕੰਨਟੈਟ ਦੁਆਰਾ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ਤੇ ਸਾਰੀਆਂ ਕਲਾਸਾਂ ਦੇ ਸਾਰੇ ਵਿਸ਼ਿਆਂ ਦੀਆ ਪੁਸਤਕਾਂ ਅਪਲੋਡ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਕੋਈ ਸਮੱਸਿਆ ਨਾ ਆਵੇ।
ਇਸ ਮੌਕੇ ਤੇ ਸੋਹਣ ਲਾਲ ਉੱਪ ਜ਼ਿਲ੍ਹਾ ਪ੍ਰਧਾਨ ਆਪ, ਬਲਜਿੰਦਰ ਕੌਰ ਆਪ ਭੋਆ ਹਲਕਾ ਕੋਆਰਡੀਨੇਟਰ, ਡਾਇਟ ਪ੍ਰਿੰਸੀਪਲ ਹਰਿੰਦਰ ਸਿੰਘ ਸੈਣੀ, ਪ੍ਰਿੰਸੀਪਲ ਜੋਤੀ ਪਰਾਸ਼ਰ, ਬੀਪੀਈਓ ਨਰੇਸ਼ ਪਨਿਆੜ, ਬੀਪੀਈਓ ਪੰਕਜ ਅਰੋੜਾ, ਡੀਐਸਐਮ ਬਲਵਿੰਦਰ ਸੈਣੀ, ਬੀਐਨਓ ਤੇਜਵੀਰ ਸਿੰਘ, ਪ੍ਰਿੰਸੀਪਲ ਦਰਸ਼ਨ ਸਿੰਘ, ਪ੍ਰਿੰਸੀਪਲ ਪੰਕਜ ਮਹਾਜਨ, ਏਡੀਐਸਐਮ ਨਰਿੰਦਰ ਲਾਲ, ਸਟੇਟ ਅਵਾਰਡੀ ਸਿਧਾਰਥ ਚੰਦਰ, ਸਟੇਟ ਅਵਾਰਡੀ ਪ੍ਰਵੀਨ ਕੁਮਾਰ, ਸਟੇਟ ਅਵਾਰਡੀ ਸੋਹਣ ਲਾਲ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
ਵਿਦਿਆਰਥੀਆਂ ਨੇ ਨੁੱਕੜ ਨਾਟਕਾਂ ਰਾਹੀਂ ਗਿਣਾਈਆਂ ਸਰਕਾਰੀ ਸਕੂਲਾਂ ਦੀਆਂ ਉਪਲੱਬਧੀਆਂ।
ਦਾਖ਼ਲਾ ਵੈਨ ਰੈਲੀ ਦੌਰਾਨ ਜਿਥੇ ਵਿਦਿਆਰਥੀਆਂ ਵੱਲੋਂ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਨੁੱਕੜ ਨਾਟਕਾਂ ਰਾਹੀਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਮਿਆਰੀ ਸਿੱਖਿਆ ਬਾਰੇ ਜਾਗਰੂਕ ਕੀਤਾ ਗਿਆ ਉੱਥੇ ਹੀ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਪਿੰਡਾਂ ਵਿੱਚ ਡੋਰ ਟੂ ਡੋਰ ਜਾ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।
ਫੋਟੋ ਕੈਪਸ਼ਨ:- ਦਾਖ਼ਲਾ ਵੈਨ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸ.ਹਰਬੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਹੋਰ।