ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਵੱਲੋਂ ਗੁਰਦਾਸਪੁਰ ਵਿਖੇ ਲਗਾਇਆ ਰੇਲ ਰੋਕੋ ਧਰਨਾ ਸਮਾਪਤ

ਗੁਰਦਾਸਪੁਰ ਪੰਜਾਬ ਮਾਝਾ

ਦੇਰ ਰਾਤ ਤੱਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਤੇ ਐੱਸ.ਐੱਸ.ਪੀ. ਗੁਰਦਾਸਪੁਰ ਕਿਸਾਨਾਂ ਨਾਲ ਕਰਦੇ ਰਹੇ ਗੱਲਬਾਤ

ਗੁਰਦਾਸਪੁਰ, 24 ਫ਼ਰਵਰੀ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਦੇਣ ਤੋਂ ਬਾਅਦ ਕਿਸਾਨਾਂ ਨੇ ਗੁਰਦਾਸਪੁਰ ਵਿਖੇ ਲਗਾਇਆ ਰੇਲ ਰੋਕੋ ਮੋਰਚਾ ਖਤਮ ਕਰ ਦਿੱਤਾ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੁਆਰਾ ਦਿੱਲੀ-ਕਟੜਾ ਸੜਕੀ ਪ੍ਰੋਜੈਕਟ ਲਈ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਭਾਅ, ਗੰਨੇ ਦੀ ਫਸਲ ਦੇ ਬਕਾਏ, ਪੋਲਟਰੀ ਫਾਰਮ ਦੇ ਪ੍ਰਦੂਸ਼ਣ, ਸ਼ਹੀਦ ਕਿਸਾਨ ਪਰਿਵਾਰਾਂ ਨੂੰ ਮੁਆਵਜੇ ਅਤੇ ਹੋਰ ਮੰਗਾਂ ਨੂੰ ਲੈ ਕੇ 22 ਫਰਵਰੀ ਤੋਂ ਗੁਰਦਾਸਪੁਰ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਮੋਰਚਾ ਲਗਾਇਆ ਗਿਆ ਸੀ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦਾਇਮਾ ਹਰੀਸ਼ ਕੁਮਾਰ ਓਮਪ੍ਰਕਾਸ਼, ਏ.ਡੀ.ਸੀ. ਡਾ. ਨਿਧੀ ਕੁਮੁਦ ਵੱਲੋਂ ਬੀਤੀ ਦੇਰ ਰਾਤ ਤੱਕ ਧਰਨਾਕਾਰੀ ਕਿਸਾਨ ਆਗੂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਰਾਜ ਸਰਕਾਰ ਵੱਲੋਂ ਉਨ੍ਹਾਂ ਦੀ ਮੰਗਾਂ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੇ ਹਿੱਤ ਨੂੰ ਮੁੱਖ ਰੱਖਦੇ ਹੋਏ ਉਹ ਰੇਲ ਰੋੋਕੋ ਧਰਨਾ ਸਮਾਪਤ ਕਰ ਦੇਣ।

ਇਸ ਤੋਂ ਬਾਅਦ ਦੇਰ ਰਾਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 4 ਪਿੰਡਾਂ ਮਾੜੀ ਬੁੱਚੀਆਂ, ਸ਼ੁਕਾਲਾ, ਕਿਸ਼ਨਕੋਟ ਅਤੇ ਮਚਰਾਏ ਦਾ ਅਵਾਰਡ ਵਧਾ ਕੇ ਨਵੇਂ ਸਿਰਿਓਂ ਕਰ ਦਿੱਤਾ ਗਿਆ ਹੈ, ਜਿਸ ਦੇ ਨੋਟੀਫਿਕੇਸ਼ਨ ਪੇਪਰ ਦੀ ਕਾਪੀ 10 ਮਾਰਚ ਤੱਕ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਅਵਾਰਡ ਵੀ ਜਲਦੀ ਕਰਵਾਉਣ ਲਈ ਉਹ ਉੱਚ ਅਧਿਕਾਰੀਆਂ ਨੂੰ ਬੇਨਤੀ ਕਰਨਗੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਦੱਸਿਆ ਕਿ ਖੰਡ ਮਿੱਲਾਂ ਵੱਲ ਕਿਸਾਨਾਂ ਦੇ ਗੰਨੇ ਦੀ ਫਸਲ ਦੇ ਬਕਾਏ ਦੀ ਅਦਾਇਗੀ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਕਿਸਾਨਾਂ ਦੇ ਬਕਾਏ ਜਲਦ ਮਿਲ ਜਾਣਗੇ। ਉਨ੍ਹਾਂ ਕਿਹਾ ਕਿ ਖੰਡ ਮਿੱਲਾਂ ਵੱਲੋਂ ਕੈਲੰਡਰ ਸਿਸਟਮ ਅਨੁਸਾਰ ਕਿਸਾਨਾਂ ਦੀ ਪਰਚੀਆਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦਾ ਸਾਰਾ ਗੰਨਾਂ ਮਿੱਲਾਂ ਵੱਲੋਂ ਪੀੜਿਆ ਜਾਵੇਗੀ। ਉਨ੍ਹਾਂ ਕਿਹਾ ਕਿ ਖੰਡ ਮਿੱਲਾਂ ਨਾਲ ਸਬੰਧਤ ਕਿਸੇ ਵੀ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸਾਨਾਂ ਦੇ ਕੇਸ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੈਰੀਫਾਈ ਕਰਕੇ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ ਅਤੇ ਸਰਕਾਰ ਵੱਲੋਂ ਇਸ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡ ਪੰਜਗਰਾਈਆਂ ਵਿਖੇ ਪੋਲਟਰੀ ਫਾਰਮ ਦੇ ਪ੍ਰਦੂਸ਼ਣ ਸਬੰਧੀ ਮਸਲਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਸ ਉੱਪਰ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਾਰਵਾਈ ਅਮਲ ਅਧੀਨ ਹੈ।

ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦਾਇਮਾ ਹਰੀਸ਼ ਕੁਮਾਰ ਓਮਪ੍ਰਕਾਸ਼ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਨਸ਼ੇ ਦੇ ਮੁੱਦੇ ’ਤੇ ਪੁਲਿਸ ਵਿਭਾਗ ਵੱਲੋਂ ਪੂਰੀ ਸਖਤੀ ਨਾਲ ਕੰਮ ਕੀਤਾ ਜਾਵੇਗਾ ਅਤੇ ਪਿੰਡ ਪੱਧਰ ਤੇ ਕੈਂਪ ਲਗਾ ਕੇ ਨਸ਼ੇ ਵਿਰੁੱਧ ਜਾਗ੍ਰਿਤੀ ਪੈਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਗੁਰਦਾਸਪੁਰ ਪੁਲਿਸ ਪੂਰੀ ਤਰਾਂ ਵਚਨਬੱਧ ਹੈ।

ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਸੀ. ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਅਤੇ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਵੱਲੋਂ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ। ਇਸ ਤੋਂ ਬਾਅਦ ਅੱਜ ਸਵੇਰੇ 6:30 ਵਜੇ ਗੁਰਦਾਸਪੁਰ ਰੇਲਵੇ ਸਟੇਸ਼ਨ ਤੋਂ ਕਿਸਾਨਾਂ ਨੇ ਆਪਣਾ ਧਰਨਾ ਚੁੱਕ ਲਿਆ ਹੈ।

Leave a Reply

Your email address will not be published. Required fields are marked *