25 ਫਰਵਰੀ ( ਸੁਸ਼ੀਲ ਕੁਮਾਰ ਬਰਨਾਲਾ/ਸੋਹਨ ਲਾਲ -:
ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਮੋਬਾਇਲ ਦਾਖ਼ਲਾ ਵੈਨ ਚਲਾਉਣ ਤੋਂ ਬਾਅਦ ਜ਼ਿਲ੍ਹੇ ਦੇ ਸੱਤ ਬਲਾਕਾ ਵਿੱਚ ਭੀੜਭਾੜ ਵਾਲੇ ਇਲਾਕਿਆਂ ਵਿੱਚ 35 ਦਾਖ਼ਲਾ ਬੂਥਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਮਲਕਪੁਰ ਚੌਕ ਵਿੱਚ ਸ਼ੁਰੂ ਕੀਤੇ ਗਏ ਦਾਖ਼ਲਾ ਬੂਥ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ਵਰ ਸਲਾਰੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਜੋਤੀ ਪਰਾਸ਼ਰ, ਬੀਐਨਓ ਸ. ਤੇਜਵੀਰ ਸਿੰਘ, ਹੈਡ ਟੀਚਰ ਸ੍ਰੀਮਤੀ ਕੁਸਮ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਪਿੰਡਾਂ ਵਿੱਚ ਮੋਬਾਇਲ ਦਾਖ਼ਲਾ ਵੈਨ ਰਾਹੀਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਗਰੂਕ ਕਰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਵਿਭਾਗ ਵੱਲੋਂ ਚਲਾਈ ਗਈ ਇਸ ਦਾਖ਼ਲਾ ਮੁਹਿੰਮ ਨੂੰ ਮਾਪਿਆਂ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ। ਜਿਸ ਨੂੰ ਮੱਦੇਨਜ਼ਰ ਰੱਖਦਿਆਂ ਵਿਭਾਗ ਵੱਲੋਂ ਹੁਣ ਜ਼ਿਲ੍ਹੇ ਦੇ 7 ਬਲਾਕਾਂ ਵਿੱਚ 35 ਦਾਖ਼ਲਾ ਬੂਥ ਸ਼ੁਰੂ ਕੀਤੇ ਗਏ ਹਨ। ਇਹ ਬੂਥ ਭੀੜਭਾੜ ਵਾਲੇ ਇਲਾਕਿਆਂ ਵਿੱਚ ਲਗਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਉਪਲੱਬਧੀਆਂ ਨੂੰ ਗਿਣਾ ਕੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਬੂਥ 28 ਅਪ੍ਰੈਲ ਤੱਕ ਲਗਾਏ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ, ਬਲਾਕ ਪੱਧਰੀ, ਕਲੱਸਟਰ ਪੱਧਰੀ ਅਤੇ ਸਕੂਲ ਪੱਧਰੀ ਦਾਖ਼ਲਾ ਕਮੇਟੀਆਂ ਦਾ ਵੀ ਗਠਨ ਕੀਤਾ ਜਾ ਚੁੱਕਾ ਹੈ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ਵਰ ਸਲਾਰੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਵਿੱਚ ਦਿਨ ਰਾਤ ਉਪਰਾਲੇ ਕਰ ਰਹੀ ਹੈ, ਇਸੇ ਉਪਰਾਲੇ ਤਹਿਤ ਸਰਕਾਰ ਵੱਲੋਂ ਉੱਚ ਦਰਜੇ ਦੇ ਸਕੂਲ “ਸਕੂਲ ਆਫ਼ ਐਮੀਨੇਸ਼ਨ” ਸ਼ੁਰੂ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਪਹਿਲੀ ਵਾਰ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵਰਦੀਆਂ ਮੁਹਾਇਆ ਕਰਵਾਈਆਂ ਗਈਆਂ ਹਨ। ਸਕੂਲਾਂ ਨੂੰ ਉੱਚ ਦਰਜੇ ਦੇ ਸਕੂਲ ਬਣਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਕਮੀਂ ਨਹੀਂ ਛੱਡੀ ਜਾ ਰਹੀ। ਸਰਕਾਰ ਵੱਲੋਂ ਅਧਿਆਪਕਾਂ ਨੂੰ ਸਿੱਖਲਾਈ ਲਈ ਵਿਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਦਾਖ਼ਲਾ ਬੂਥਾਂ ਤੇ ਮਾਪੇ ਆਪਣੇ ਬੱਚੇ ਦਾ ਰਾਜ ਦੇ ਕਿਸੇ ਵੀ ਸਕੂਲ ਵਿੱਚ ਦਾਖਲਾ ਕਰਵਾ ਸਕਦੇ ਹਨ।
ਇਸ ਮੌਕੇ ਤੇ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਹਰਪ੍ਰੀਤ ਕੌਰ, ਬਾਬਾ ਸਿੰਘ, ਬੀਐਮਟੀ ਬਿਸੰਭਰ ਦਾਸ, ਰਾਜ ਕੁਮਾਰ, ਰਾਜੇਸ਼ ਕੁਮਾਰ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ:- ਮਲਕਪੁਰ ਚੌਕ ਵਿਖੇ ਦਾਖ਼ਲਾ ਬੂਥ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਅਧਿਕਾਰੀ।