



ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਆਰਥਿਕ ਖੁਸ਼ਹਾਲੀ ਲਈ ਵਚਨਬੱਧ – ਕੇਂਦਰੀ ਰਾਜ ਮੰਤਰੀ
ਕੇਂਦਰੀ ਰਾਜ ਮੰਤਰੀ ਵੱਲੋਂ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਜਾਰੀ
ਕੇਂਦਰੀ ਰਾਜ ਮੰਤਰੀ ਨੇ ਦਿਸ਼ਾ ਕਮੇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਰੀਵਿਊ ਕੀਤਾ
ਗੁਰਦਾਸਪੁਰ, 7 ਮਾਰਚ ( ) – ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਨੂੰ 1 ਫਰਵਰੀ 2019 ਤੋਂ 7 ਮਾਰਚ 2023 ਤੱਕ 2,89,45,52,000 ਰੁਪਏ (2 ਅਰਬ 89 ਕਰੋੜ 45 ਲੱਖ 52 ਹਜ਼ਾਰ ਰੁਪਏ) ਦੀ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਗਈ ਹੈ ਤਾਂ ਜੋ ਕਿਸਾਨਾਂ ਦੀ ਆਰਥਿਕ ਤੌਰ ’ਤੇ ਮਦਦ ਕੀਤੀ ਜਾ ਸਕੇ। ਇਹ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਅਤੇ ਲੋਕ ਸਭ ਮੈਂਬਰ ਸ੍ਰੀ ਸੋਮ ਪ੍ਰਕਾਸ਼ ਨੇ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 1 ਫਰਵਰੀ 2019 ਤੋਂ 7 ਮਾਰਚ 2023 ਤੱਕ ਜ਼ਿਲ੍ਹਾ ਗੁਰਦਾਸਪੁਰ ਦੇ 189269 ਕਿਸਾਨ ਰਜਿਸਟਰਡ ਹੋਏ ਹਨ ਜਿਨ੍ਹਾਂ ਨੂੰ 2,89,45,52,000 ਰੁਪਏ ਦੀ ਸਹਾਇਤਾ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸ੍ਰੀ ਸੋਮ ਪ੍ਰਕਾਸ਼ ਨੇ ਪ੍ਰਧਾਨ ਮੰਤਰੀ ਸਵੈ-ਨਿਧੀ ਯੋਜਨਾ, ਮਿਸ਼ਨ ਅੰਮ੍ਰਿਤ ਸਰੋਵਰ, ਸਾਂਸਦ ਅਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਵਾਸ ਯੋਜਨਾ (ਪੇਂਡੂ ਤੇ ਸ਼ਹਿਰੀ), ਨੈਸ਼ਨਲ ਹੈਲਥ ਮਿਸ਼ਨ, ਸਮੱਗਰਾ ਸਿੱਖਿਆ ਅਭਿਆਨ, ਪ੍ਰਧਾਨ ਮੰਤਰੀ ਗ੍ਰਾਂਮ ਸੜਕ ਯੋਜਨਾ, ਰਾਸ਼ਟਰੀਯ ਬੁਢਾਪਾ ਪੈਨਸ਼ਨ ਸਕੀਮ, ਰਾਸ਼ਟਰੀਯ ਵਿਧਵਾ ਪੈਨਸ਼ਨ ਸਕੀਮ, ਰਾਸ਼ਟਰੀਯ ਡਿਸਏਬਲਡ ਪੈਨਸ਼ਨ ਸਕੀਮ, ਰਾਸ਼ਟਰੀਯ ਪਰਿਵਾਰਕ ਲਾਭ ਸਕੀਮ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਨੈਸ਼ਨਲ ਫੂਡ ਸਕਿਓਰਿਟੀ ਐਕਟ-2013, ਮਨਰੇਗਾ, ਸ਼ਿਆਮਾ ਪ੍ਰਸ਼ਾਦ ਮੁਖਰਜੀ ਰੁਅਰਬਨ ਮਿਸ਼ਨ, ਦੀਨ ਦਿਆਲ ਉਪਾਦਿਆਏ ਗ੍ਰਾਮੀਨ ਕੋਸ਼ਲਿਆ ਯੋਜਨਾ, ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ, ਸਵੱਛ ਭਾਰਤ ਮਿਸ਼ਨ, ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਕੀਮਾਂ ਅਤੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਹੋਰ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜਾ ਲਿਆ।
ਜ਼ਿਲ੍ਹਾ ਗੁਰਦਾਸਪੁਰ ਵਿੱਚ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਉੱਪਰ ਤਸੱਲੀ ਜ਼ਾਹਰ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗਾਂ ਨੂੰ ਧਿਆਨ ਵਿੱਚ ਰੱਖ ਕੇ ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ ਤਾਂ ਜੋ ਇਸ ਨਾਲ ਜਨਤਾ ਦਾ ਭਲਾ ਹੋ ਸਕੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਅਤੇ ਗਰੀਬਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਨਿੱਜੀ ਤੌਰ ’ਤੇ ਮੁਆਇਨਾ ਕਰਦੇ ਰਹਿਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਜੀ ਦਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਆਉਣ ’ਤੇ ਸਵਾਗਤ ਕਰਨ ਦੇ ਨਾਲ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਸ਼ਨ ‘ਅਬਾਦ’ ਤਹਿਤ ਵਿਸ਼ੇਸ਼ ਕੈਂਪ ਲਗਾ ਕੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਆਬਾਦ ਕੈਂਪਾਂ ਜਰੀਏ 3000 ਤੋਂ ਵੱਧ ਲੋੜਵੰਦ ਵਿਅਕਤੀ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾ ਚੁੱਕੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦਾਯਮਾ ਹਰੀਸ਼ ਕੁਮਾਰ ਓਮ ਪ੍ਰਕਾਸ਼, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ ਰੰਧਾਵਾ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਬਲਵਿੰਦਰ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਜ਼ਿਲ੍ਹਾ ਅੰਕੜਾ ਅਫ਼ਸਰ ਸ੍ਰੀ ਅਸ਼ੋਕ ਕੁਮਾਰ, ਡੀ.ਐੱਫ.ਐੱਸ.ਸੀ. ਸ੍ਰੀ ਸੁਖਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ ਸਮੇਤ ਹੋਰ ਜ਼ਿਲ੍ਹਾ ਅਧਿਕਾਰੀ ਅਤੇ ਦਿਸ਼ਾ ਕਮੇਟੀ ਮੈਂਬਰ ਵੀ ਹਾਜ਼ਰ ਸਨ।