ਬਟਾਲਾ, 24 ਮਾਰਚ ( ) ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਨੇ ਰੋਜ਼ਗਾਰ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਵੱਖ-ਵੱਖ ਨੌਂਕਰੀਆਂ ਦੇ ਲਿਖਤੀ ਟੈਸਟਾਂ ਅਤੇ ਇੰਟਰਵਿਊ ਦੀ ਤਿਆਰੀ ਲਈ ਵਿਸ਼ੇਸ਼ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾਵੇ ਤਾਂ ਜੋ ਇਨ੍ਹਾਂ ਪਰਿਵਾਰਾਂ ਦੇ ਬੱਚੇ ਟੈਸਟ ਪਾਸ ਕਰਕੇ ਨੌਂਕਰੀਆਂ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਕੋਚਿੰਗ ਬਿਲਕੁਲ ਮੁਫ਼ਤ ਹੋਵੇਗੀ।
ਡਿਪਟੀ ਕਮਿਸ਼ਨਰ ਵਲੋ ਬੀਤੇ ਦਿਨੀ ਰੁਜਗਾਰ ਵਿਭਾਗ ਤੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਮੁਫ਼ਤ ਕੋਚਿੰਗ ਕਲਾਸਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਦੇ ਸੈਨਿਕ ਭਲਾਈ ਦਫ਼ਤਰ ਵਿਖੇ ਸੁਪਰ-30 ਬੈਚ ਚਲਾਇਆ ਜਾਵੇਗਾ ਜਿਸ ਵਿੱਚ ਭਾਰਤੀ ਫੌਜ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਸੀ-ਪਾਈਟ ਸੈਂਟਰ ਵਿਖੇ ਵੀ 100 ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਹੋਣ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਵਲੋਂ ਰੁਜ਼ਗਾਰ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਇਸ ਮਿਸ਼ਨ ਉੱਪਰ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮਿਲ ਸਕਣ।
