ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲਿਆ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਸਾਰੇ ਪ੍ਰਬੰਧ ਤੁਰੰਤ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ ਪੰਜਾਬ ਮਾਝਾ

ਗੁਰਦਾਸਪੁਰ, 3 ਅਪ੍ਰੈਲ ( ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਖੁਰਾਕ ਤੇ ਸਿਵਲ ਸਪਲਾਈ, ਜ਼ਿਲ੍ਹਾ ਮੰਡੀ ਅਫ਼ਸਰ, ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਰਜਨੀਸ਼ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਤਹਿਸੀਲਦਾਰ ਸ੍ਰੀ ਜਗਤਾਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਜ਼ਰ ਸਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭਾਂਵੇ ਕਿ ਮੌਸਮ ਦੀ ਖਰਾਬੀ ਕਾਰਨ ਕਣਕ ਦੀ ਖਰੀਦ ਕੁਝ ਦਿਨ ਲੇਟ ਹੋਈ ਹੈ ਪਰ ਫਿਰ ਵੀ ਸਮਾਂ ਰਹਿੰਦੇ ਸਾਰੀਆਂ ਮੰਡੀਆਂ ਵਿੱਚ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5.50 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਫਸਲ ਆਉਣ ਦਾ ਅਨੁਮਾਨ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿੱਚ ਖਰੀਦ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਫ਼ਾਈ. ਬਿਜਲੀ, ਪਾਣੀ, ਛਾਂ, ਬਾਥਰੂਮ ਆਦਿ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਫਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਆੜ੍ਹਤੀਆਂ ਵੱਲੋਂ ਆਪਣੇ ਪੱਧਰ `ਤੇ ਕੀਤੇ ਜਾਣ ਵਾਲੇ ਪ੍ਰਬੰਧ ਮੁਕੰਮਲ ਹੋਣ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 10 ਅਪ੍ਰੈਲ ਤੱਕ ਹਰ ਹੀਲੇ ਬਾਰਸ਼ ਕਾਰਨ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਨੂੰ ਮੁਕੰਮਲ ਕਰਨ। ਉਨ੍ਹਾਂ ਕਿਹਾ ਕਿ ਗਿਰਦਾਵਰੀ ਦੇ ਕੰਮ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾੲਅਿਾਂ ਗਈਆਂ ਹਨ ਤਾਂ ਜੋ ਇਸ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਨੇਪਰੇ ਚਾੜਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਵੱਧ ਤੋਂ ਵੱਧ 12 ਫੀਸਦੀ ਨਮੀਂ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਦੇ ਗੇਟਾਂ ਤੇ ਨਮੀਂ ਚੈੱਕ ਕਰਨ ਵਾਲੇ ਕਰਮਚਾਰੀ ਤਾਇਨਾਤ ਕੀਤੇ ਜਾਣ। ਉਨ੍ਹਾਂ ਮੀਡੀਆ ਜਰੀਏ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਫਸਲ ਪੂਰੀ ਤਰਾਂ ਪੱਕਣਤੇ ਵਢਾਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਸਮੇਂ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ `ਤੇ ਖਰੀਦਣ ਲਈ ਵਚਨਬੱਧ ਹੈ।


Leave a Reply

Your email address will not be published. Required fields are marked *