ਗੁਰਦਾਸਪੁਰ, 18 ਜੂਨ (Damanpreet singh ) – ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਕਰੀਬਨ ਇਕ ਸਾਲ ਦੇ ਵਕਫ਼ੇ ਵਿੱਚ ਸੂਬੇ ਦੇ 29,684 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਅਜਿਹੀਆਂ ਹੋਰ ਬਹੁਤ ਸਾਰੀਆਂ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇੱਕ ਸਾਲ ਵਿੱਚ ਏਨੀ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਂਕਰੀਆਂ ਦੇਣੀਆਂ ਆਪਣੇ ਆਪ ਵਿੱਚ ਰਿਕਾਰਡ ਹੈ ਅਤੇ ਇਸ ਨਾਲ ਹਜ਼ਾਰਾਂ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਹੋਇਆ ਹੈ।
ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਪੰਜਾਬ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਇਸ ਵੱਡ-ਆਕਾਰੀ ਟੀਚੇ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਦੇ ਦੋ ਹੀ ਆਧਾਰ ਹਨ ਪਹਿਲਾ ਪਾਰਦਰਸ਼ਤਾ ਤੇ ਦੂਜਾ ਮੈਰਿਟ। ਸ੍ਰੀ ਸੇਖਵਾਂ ਨੇ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਲਈ ਪੁਖ਼ਤਾ ਢਾਂਚਾ ਅਪਣਾਇਆ ਗਿਆ, ਜਿਸ ਕਾਰਨ 29 ਹਜ਼ਾਰ ਤੋਂ ਵੱਧ ਨਿਯੁਕਤੀਆਂ ਵਿੱਚੋਂ ਇਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।
ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਉਣ ਵਾਲੀਆਂ ਨਸਲਾਂ ਲਈ ਪੰਜਾਬ ਨੂੰ ਰੰਗਲਾ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਮਦਦ ਕਰ ਰਹੀ ਹੈ ਅਤੇ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਸਰਕਾਰ ਵੱਲੋਂ ਹਰੇਕ ਕੋਸ਼ਿਸ਼ ਕੀਤੀ ਜਾ ਰਹੀ ਹੈ।