


ਜ਼ਿਲ੍ਹਾ ਵਾਸੀ ਵੋਟਾਂ ਸਬੰਧੀ ਕਿਸੇ ਵੀ ਜਾਣਕਾਰੀ ਲਈ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1850 ’ਤੇ ਸੰਪਰਕ ਕਰ ਸਕਦੇ ਹਨ
ਗੁਰਦਾਸਪੁਰ, 6 ਸਤੰਬਰ (DamanPreet Singh ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋੋਟਰ ਸੂਚੀਆਂ ਦੀ ਸੁਧਾਈ ਨੂੰ ਬਹੁਤ ਧਿਆਨ ਨਾਲ ਕੀਤਾ ਜਾਵੇ ਅਤੇ ਵੋਟਰ ਸੂਚੀਆਂ ਵਿੱਚ ਕੋਈ ਵੀ ਕਮੀ ਜਾਂ ਗਲਤੀ ਬਿਲਕੁਲ ਨਾ ਰਹਿਣ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਲੜਕੇ-ਲੜਕੀਆਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਜਾਂ 1 ਜਨਵਰੀ 2024 ਨੂੰ ਉਨ੍ਹਾਂ ਦੀ ਉਮਰ 18 ਸਾਲ ਹੋ ਜਾਣੀ ਹੈ ਉਨ੍ਹਾਂ ਸਾਰਿਆਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ। ਇਸ ਲਈ ਕਾਲਜਾਂ, ਆਈ.ਟੀ.ਆਈਜ਼, ਬਹੁ-ਤਕਨੀਕੀ ਕਾਲਜਾਂ ਅਤੇ ਆਈਲਸ ਸੈਂਟਰਾਂ ਵਿੱਚ ਵੋਟਾਂ ਬਣਾਉਣ ਦੇ ਵਿਸ਼ੇਸ਼ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ‘ਸਵੀਪ’ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜਿਹੜੇ ਵੋਟਰਾਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਨਾਮ ਵੋਟਰ ਸੂਚੀਆਂ ਵਿੱਚੋਂ ਕੱਟ ਦਿੱਤੇ ਜਾਣ।
ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਡਾਟੇ ਨਾਲ ਅਧਾਰ ਕਾਰਡ ਨੂੰ ਲਿੰਕ ਕਰਨ ਲਈ ਵੋਟਰਾਂ ਦੇ ਅਧਾਰ ਨੰਬਰ/ਡਾਟਾ ਇਕੱਤਰ ਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ 87.29 ਫੀਸਦੀ ਕੰਮ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ 100 ਫੀਸਦੀ ਪੂਰਾ ਕਰਨ ਲਈ ਹੋਰ ਯਤਨ ਕੀਤੇ ਜਾਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਜਿਨ੍ਹਾਂ ਵਿਅਕਤੀਆਂ ਦੀਆਂ ਵੋਟਾਂ ਅਜੇ ਤੱਕ ਨਹੀਂ ਬਣੀਆਂ ਹਨ, ਉਹ ਤੁਰੰਤ ਆਪਣੀਆਂ ਵੋਟਾਂ ਬਣਵਾ ਲੈਣ। ਇਸਤੋਂ ਇਲਾਵਾ ਜੇਕਰ ਕਿਸੇ ਨੇ ਵੋਟਰ ਸੂਚੀ ਵਿੱਚ ਆਪਣੇ ਨਾਮ-ਪਤੇ ਦੀ ਕੋਈ ਤਬਦੀਲੀ ਕਰਨੀ ਹੈ ਜਾਂ ਆਪਣੀ ਵੋਟ ਤਬਦੀਲ ਕਰਵਾਉਣੀ ਹੈ ਤਾਂ ਉਹ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਵੋਟਰ ਆਪਣੇ ਇਲਾਕੇ ਦੇ ਬੀ.ਐੱਲ.ਓ. ਜਾਂ ਸੈਕਟਰ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਉੱਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਅਰਵਿੰਦ ਕੁਮਾਰ, ਤਹਿਸੀਲਦਾਰ ਬਟਾਲਾ ਸ੍ਰੀ ਅਭਿਸ਼ੇਕ ਵਰਮਾਂ, ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।