
ਮਾਨ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਸੇਖਵਾਂ
ਗੁਰਦਾਸਪੁਰ, 16 ਅਕਤੂਬਰ (DAMANPREET SINGH) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਕੱਲੂ ਸੋਹਲ ਵਿਖੇ ਗਲੀਆਂ-ਨਾਲੀਆਂ ਅਤੇ ਹੋਰ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਨ੍ਹਾਂ ਵਿਕਾਸ ਕਾਰਜਾਂ ਉੱਪਰ 25 ਲੱਖ ਰੁਪਏ ਖ਼ਰਚ ਕੀਤੇ ਜਾਣਗੇ।
ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਆਪਣੀਆਂ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਸਹੂਲਤ ਦਾ ਖਿਆਲ ਰੱਖਦੇ ਹੋਏ ਸਿੱਖਿਆ ਤੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੇ ਯਤਨ ਕੀਤੇ ਹਨ ਅਤੇ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਂਕਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਰਾਜ ਸਰਕਾਰ ਦੀ ਇਕ ਹੋਰ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ।