ਜ਼ਿਲ੍ਹਾ ਮੈਜਿਸਟਰੇਟ ਨੇ ਧਾਰਮਿਕ ਜਾਂ ਖੇਡ ਮੇਲੇ/ਸਮਾਗਮ ਆਦਿ ਦੌਰਾਨ ਟਰੈਕਰਾਂ ਜਾਂ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ

ਗੁਰਦਾਸਪੁਰ ਪੰਜਾਬ ਮਾਝਾ

ਗੁਰਦਾਸਪੁਰ, 1 ਨਵੰਬਰ (DamanPreet Singh) – ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ., ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਹੋਣ ਵਾਲੇ ਕਿਸੇ ਵੀ ਪ੍ਰਕਾਰ ਦੇ ਧਾਰਮਿਕ ਜਾਂ ਖੇਡ ਮੇਲੇ/ਸਮਾਗਮ ਆਦਿ ਦੌਰਾਨ ਟਰੈਕਰਾਂ ਜਾਂ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਪਾਬੰਦੀ ਦੇ ਇਹ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋਈ ਹੈ।

ਮਾਮਲੇ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਇੱਕ ਤਰਫ਼ਾ ਹੁਕਮ ਜਾਰੀ ਕੀਤੇ ਗਏ ਹਨ ਅਤੇ ਆਮ ਲੋਕਾਂ ਨੂੰ ਇਸ ਦੀ ਪਾਲਣਾ ਯਕੀਨੀ ਕਰਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਨਾਹੀ ਦੇ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਵੱਲੋਂ 188 ਆਈ.ਪੀ.ਸੀ. ਤਹਿਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *