


ਨੌਜਵਾਨਾਂ ਨੂੰ ਖੇਡਾਂ ਦੇ ਸਮਾਨ ਦੀਆਂ ਕਿੱਟਾਂ ਵੰਡੀਆਂ
ਕਾਹਨੂੰਵਾਨ/ਗੁਰਦਾਸਪੁਰ, 25 ਨਵੰਬਰ (DamanPreet Singh) – ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਕਾਹਨੂੰਵਾਨ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਨ੍ਹਾਂ ਨੂੰ ਖੇਡਾਂ ਦੇ ਸਮਾਨ ਦੀਆਂ ਕਿੱਟਾਂ ਵੀ ਤਕਸੀਮ ਕੀਤੀਆਂ ਗਈਆਂ।
ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਨੂੰ ਵੀ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਹਨੂੰਵਾਨ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜ ਕੀਤੇ ਗਏ ਹਨ ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਸਥਾਨਕ ਨਿਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸੂਬੇ ਵਿੱਚ ਖੇਡ ਸੱਭਿਆਚਾਰ ਉਤਸ਼ਾਹਤ ਕਰਨ ਵਿੱਚ ਸਹਾਈ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਦੇ ਸਮਾਨ ਦੀਆਂ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਨਾਲ ਬੀ.ਡੀ.ਪੀ.ਓ. ਕੁਲਵੰਤ ਸਿੰਘ, ਸਰਪੰਚ ਆਫਤਾਬ ਸਿੰਘ, ਡਾ. ਜਸਪਾਲ ਸਿੰਘ ਪੰਧੇਰ (ਚੇਅਰਮੈਨ ਮਾਰਕਿਟ ਕਮੇਟੀ ਕਾਹਨੂੰਵਾਨ), ਸੋਹਨ ਸਿੰਘ ਨੈਨੇਕੋਟ, ਲਵਕੇਸ਼, ਮਨਜੀਤ ਸਿੰਘ, ਤਰਸੇਮ ਠਾਕੁਰ, ਅਨਿਲ ਤਿਵਾੜੀ, ਗੁਰਨਾਮ ਸਿੰਘ, ਇੰਦਰਜੀਤ ਸਿੰਘ, ਸੁਖਦੇਵ ਸਿੰਘ, ਪਵਨ ਠਾਕੁਰ ਤੋਂ ਇਲਾਵਾ ਹੋਰ ਵੀ ਮੋਹਤਬਰ ਹਾਜ਼ਰ ਸਨ।