ਗੁਰਦਾਸਪੁਰ, 14 ਮਾਰਚ (damanpreet singh)
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਤੀ 15 ਮਾਰਚ 2024 ਨੂੰ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 15 ਮਾਰਚ ਸਵੇਰੇ 10:00 ਗੁਰਦਾਸਪੁਰ ਵਿਖੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ (ਪੁਰਾਣਾ ਸਿਵਲ ਹਸਪਤਾਲ) ਦਾ ਵਰਚੂਅਲੀ ਉਦਘਾਟਨ ਕੀਤਾ ਜਾਵੇਗਾ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕ੍ਰਾਂਤੀ ਲਗਾਤਾਰ ਜਾਰੀ ਹੈ ਜਿਸ ਤਹਿਤ ਗੁਰਦਾਸਪੁਰੀਆਂ ਨੂੰ ਮਾਨ ਸਰਕਾਰ ਵੱਲੋਂ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰ ਵੱਲੋਂ ਇਸ ਸਿਹਤ ਸੰਸਥਾ ਨੂੰ ਪੱਕੇ ਤੌਰ ‘ਤੇ ਬੰਦ ਕਰ ਦਿੱਤਾ ਗਿਆ ਸੀ ਜਦਕਿ ਮਾਨ ਸਰਕਾਰ ਵੱਲੋਂ ਇਸ ਸਿਹਤ ਸੰਸਥਾ ਨੂੰ ਮੁੜ ਸੁਰਜੀਤ ਕਰਕੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਗੁਰਦਾਸਪੁਰ ਵਾਸੀਆਂ ਨੂੰ ਵੱਡੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ 15 ਮਾਰਚ ਦਾ ਦਿਨ ਇਤਿਹਾਸਕ ਹੋਵੇਗਾ ਅਤੇ ਗੁਰਦਾਸਪੁਰ ਵਾਸੀ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋ ਕੇ ਇਨ੍ਹਾਂ ਇਤਿਹਾਸਕ ਪਲਾਂ ਦੇ ਗਵਾਹ ਬਣਨ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਸ ਤੋਂ ਬਾਅਦ ਦੁਪਹਿਰ 12:00 ਵਜੇ ਜ਼ਿਲ੍ਹਾ ਲਾਇਬ੍ਰੇਰੀ ਗੁਰਦਾਸਪੁਰ ਦੇ ਮੁਕੰਮਲ ਹੋਏ ਨਵੀਨੀਕਰਨ ਪ੍ਰੋਜੈਕਟ ਦਾ ਉਦਘਾਟਨ ਵੀ ਕੀਤਾ ਜਾਵੇਗਾ।