ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ
ਗੁਰਦਾਸਪੁਰ, 05 ਅਪ੍ਰੈਲ (DamanPreet Singh) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਵਾਲੇ ਦਿਨ ਦੇ ਅਖ਼ਬਾਰਾਂ ਵਿੱਚ ਬਿਨਾਂ ਪੂਰਵ ਪ੍ਰਵਾਨਗੀ ਤੋਂ ਕੋਈ ਵੀ ਸਿਆਸੀ ਇਸ਼ਤਿਹਾਰ ਛਾਪਣ ‘ਤੇ ਰੋਕ ਲਗਾਈ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਮਤਦਾਨ 01 ਜੂਨ, 2024 ਨੂੰ ਹੋਣਾ ਹੈ। ਇਸ ਲਈ 31 ਮਈ, 2024 ਅਤੇ 01 ਜੂਨ, 2024 ਦੇ ਅਖ਼ਬਾਰਾਂ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਛਪਵਾਉਣ ਤੋਂ ਪਹਿਲਾਂ ਇਸ ਇਸ਼ਤਿਹਾਰ ਨੂੰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣਾ ਲਾਜ਼ਮੀ ਹੈ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣ ਕਰਨ।
ਉਨ੍ਹਾਂ ਕਿਹਾ ਕਿ ਇਲੈਕਟ੍ਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਇਸ ਸਮੇਂ ਵੀ ਬਿਨਾਂ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਜਾਰੀ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਬਕਾਇਦਾ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਚੋਣਾਂ ਵਾਲੇ ਦਿਨ ਜਾਂ ਉਸ ਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਛਪਣ ਵਾਲੇ ਇਸ਼ਤਿਹਾਰਾਂ ਦੀ ਪ੍ਰੀ-ਸਰਟੀਫਿਕੇਸ਼ਨ ਲਈ ਉਮੀਦਵਾਰ ਜਾਂ ਪਾਰਟੀ ਨੂੰ ਘੱਟੋ-ਘੱਟ ਦੋ ਦਿਨ ਪਹਿਲਾਂ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਕੋਲ ਅਰਜ਼ੀ ਦੇਣਾ ਲਾਜ਼ਮੀ ਹੋਵੇਗਾ।