ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕੀਤੇ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 30 ਅਪ੍ਰੈਲ (DamanPreet Singh) ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਦੇ ਦਰਸ਼ਨ ਕੀਤੇ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਅਤੇ ਸ੍ਰੀ ਚੋਲਾ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦੇਣ ਦੇ ਨਾਲ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਅਤੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਵੱਲੋਂ ਚੜਾਏ ਗਏ ਰੁਮਾਲਿਆਂ ਦੇ ਦਰਸ਼ਨ ਵੀ ਕਰਵਾਏ ਗਏ।
ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਤੇ ਗੁਰੂ ਸਾਹਿਬ ਦੇ ਪਾਵਨ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਨਗਰ ਸ੍ਰੀ ਗੁਰੂ ਨਾਨਕ ਸਾਹਿਬ ਦੀ ਪਾਵਨ ਚਰਨਛੋਹ ਪ੍ਰਾਪਤ ਧਰਤੀ ਹੈ ਅਤੇ ਗੁਰੂ ਸਾਹਿਬ ਨੇ ਏਥੋਂ ਕੁੱਲ ਲੋਕਾਈ ਨੂੰ ਕਿਰਤ ਕਰੋ, ਨਾਮ ਜੱਪੋ ਅਤੇ ਵੰਡ ਛਕੋ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਡੇਰਾ ਬਾਬਾ ਨਾਨਕ ਪੂਰੀ ਦੁਨੀਆਂ ਵਿੱਚ ਸਤਿਕਾਰਤ ਹੈ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਹਰਦੀਪ ਸਿੰਘ, ਤਹਿਸੀਲਦਾਰ ਸ. ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਅਰਮਾਨਦੀਪ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।