ਲੋਕ ਅਦਾਲਤ ਰਾਹੀਂ ਕੇਸਾਂ ਦਾ ਫ਼ੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬੱਚਤ
ਗੁਰਦਾਸਪੁਰ, 30 ਅਗਸਤ (DamanPreet Singh) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 14 ਸਤੰਬਰ 2024 ਨੂੰ ਲਗਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ 138 ਐੱਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਈਟ ਪਲੈਨ ਆਦਿ, ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐੱਮ.ਏ.ਸੀ.ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਿਤ ਕੋਰਟ ਵਿੱਚ ਜਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਫ਼ਤਰ ਦੇ ਕਮਰਾ ਨੰਬਰ 102 ਵਿਖੇ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ।