ਜੇਕਰ ਇੰਤਕਾਲ ਵਿੱਚ ਕਿਸੇ ਨੂੰ ਦਿੱਕਤ ਆਉਂਦੀ ਹੈ ਤਾਂ ਤੁਰੰਤ 1100 ਹੈਲਪਲਾਈਨ ‘ਤੇ ਸੂਚਿਤ ਕੀਤਾ ਜਾਵੇ
ਗੁਰਦਾਸਪੁਰ, 1 ਦਸੰਬਰ (Daman Preet Singh) – ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਰਾਜ ਸਰਕਾਰ ਦਾ ਇਹ ਫੈਸਲਾ ਸ਼ਲਾਘਾਯੋਗ ਹੈ ਅਤੇ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਬਟਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝਗੜਾ ਰਹਿਤ ਇੰਤਕਾਲਾਂ ਦਾ ਫੈਸਲਾ 45 ਦਿਨਾਂ ਦੇ ਅੰਦਰ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਮਾਲ ਵਿਭਾਗ ਵੱਲੋਂ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ ਅਤੇ ਇੱਕ ਮਹੀਨੇ ਅੰਦਰ ਅਜਿਹੇ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਬਾਅਦ, ਜੇ 45 ਦਿਨ ਦੀ ਸਮਾਂ ਸੀਮਾਂ ਤੋਂ ਵੱਧ ਕੋਈ ਝਗੜਾ ਰਹਿਤ ਇੰਤਕਾਲ ਕਿਸੇ ਤਹਿਸੀਲ/ਸਬ-ਤਹਿਸੀਲ ਵਿੱਚ ਪੈਂਡਿੰਗ ਪਾਇਆ ਜਾਂਦਾ ਹੈ ਤਾਂ ਇਸ ਲਈ ਜ਼ਿੰਮੇਵਾਰ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਮਾਲ ਵਿਭਾਗ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼, ਜ਼ਿਲ੍ਹਾ ਮਾਲ ਅਫਸਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਪੱਤਰ ਜਾਰੀ ਕਰਕੇ ਵਿਸ਼ੇਸ ਮੁਹਿੰਮ ਚਲਾ ਕੇ ਸਾਰੇ ਪੈਂਡਿੰਗ ਝਗੜਾ ਰਹਿਤ ਇੰਤਕਾਲਾਂ ਦਾ ਨਿਪਟਾਰਾ 31 ਦਸੰਬਰ ਤੱਕ ਫੈਸਲਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਝਗੜਾ ਰਹਿਤ ਇੰਤਕਾਲ ਦਰਜ ਕਰਵਾਉਣ ਜਾਂ ਮਨਜ਼ੂਰ ਕਰਵਾਉਣ ਵਿੱਚ ਕੋਈ ਦਿੱਕਤ ਆਉਂਦੀ ਹੈ ਜਾਂ ਕੋਈ ਅਧਿਕਾਰੀ/ਕਰਮਚਾਰੀ ਇਸ ਸਬੰਧੀ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਹ ਹੈਲਪਲਾਈਨ ਨੰਬਰ 1100 ਉਤੇ ਸੂਚਿਤ ਕਰ ਸਕਦਾ ਹੈ।