
ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਟੀਬੀ ਦੇ ਖ਼ਾਤਮੇ ਲਈ ਜਨਤਾ ਦੀ ਭਾਗਦਾਰੀ ਬੇਹੱਦ ਜ਼ਰੂਰੀ – ਸ਼ੈਰੀ ਕਲਸੀ
ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮਾਨ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ – ਸ਼ੈਰੀ ਕਲਸੀ
ਬਟਾਲਾ/ਗੁਰਦਾਸਪੁਰ, 7 ਦਸੰਬਰ (DamanPreet singh) – ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨਸ਼ੇਰ ਸਿੰਘ ਕਲਸੀ ਨੇ ਸਿਹਤ ਵਿਭਾਗ ਵੱਲੋਂ ਚਲਾਈ ਜਾਣ ਵਾਲੀ 100 ਦਿਨਾਂ ਟੀਬੀ. ਮੁਕਤ ਮੁਹਿੰਮ ਦਾ ਅੱਜ ਬਟਾਲਾ ਤੋਂ ਅਗਾਜ਼ ਕੀਤਾ। ਇਸ ਮੌਕੇ ਵਿਧਾਇਕ ਸ੍ਰੀ ਸ਼ੈਰੀ ਕਲਸੀ ਵੱਲੋਂ ਜਾਗਰੂਕਤਾ ਵੈਨ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜੋ ਜ਼ਿਲ੍ਹੇ ਦੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਟੀਬੀ ਰੋਗ ਬਾਰੇ ਜਾਗਰੂਕ ਕਰੇਗੀ।
ਬਟਾਲਾ ਦੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਸਬੰਧੀ ਸਿਹਤ ਵਿਭਾਗ ਵੱਲੋਂ 100 ਦਿਨਾਂ ਟੀਬੀ. ਮੁਕਤ ਮੁਹਿੰਮ ਦਾ ਅਗਾਜ਼ ਕਰਦਿਆਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਟੀਬੀ ਦੀ ਬਿਮਾਰੀ ਦੇ ਖ਼ਾਤਮੇ ਲਈ ਜਿਥੇ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਓਥੇ ਇਸ ਮੁਹਿੰਮ ਵਿੱਚ ਲੋਕਾਂ ਦਾ ਸਾਥ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਮਾਨ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਆਮ ਆਦਮੀ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮਾਨ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕਾਂ੍ਰਤੀਕਾਰੀ ਤਬਦੀਲੀਆਂ ਲਿਆਂਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਨੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਨਿਭਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।
ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਟੀ.ਬੀ. ਮੁਕਤ ਮੁਹਿੰਮ ਸ਼ੁਰੂ ਕੀਤੀ ਗਈ ਹੈ ਇਸ ਨੂੰ ਸਫਲ ਬਣਾਉਣ ਵਿੱਚ ਸਿਹਤ ਵਿਭਾਗ ਦੇ ਅਮਲੇ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਭ ਦੀ ਭਾਗੀਦਾਰੀ ਨਾਲ ਦੇਸ਼ ਨੂੰ ਟੀਬੀ ਮੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਪਰਿਵਾਰ ਦੇ ਮੈਂਬਰ ਟੀਬੀ ਦੇ ਮਰੀਜ਼ ਹਨ, ਜਾਂ ਉਹ ਵਿਅਕਤੀ ਜੋ ਰੋਗ ਪ੍ਰਤੀਰੋਧ ਬੀਮਾਰੀਆਂ ਨਾਲ ਜੂਝ ਰਹੇ ਹਨ ਜਾਂ ਜਿਹੜੇ ਲੋਕ ਕੁਪੋਸ਼ਨ ਦੇ ਸ਼ਿਕਾਰ ਹਨ, ਉਨ੍ਹਾਂ ਨੂੰ ਸਭ ਤੋਂ ਵੱਧ ਟੀਬੀ ਹੋਣ ਦਾ ਖਦਸ਼ਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਤਹਿਤ ਇਨ੍ਹਾਂ ਲੋਕਾਂ ਦੀ ਸ਼ਨਾਖਤ ਸਭ ਤੋਂ ਪਹਿਲਾਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਈ ਰਿਸਕ ਏਰੀਆ ਜਿਵੇਂ ਕਿ ਮਲੀਨ ਬਸਤੀਆਂ, ਇੱਟ ਭੱਠੇ ਆਦਿ ਦਾ ਸਰਵੇ ਕੀਤਾ ਜਾਵੇਗਾ ਅਤੇ ਸ਼ੱਕੀ ਮਰੀਜਾਂ ਦਾ ਪਤਾ ਲਗਾਇਆ ਜਾਵੇਗਾ।
ਇਸ ਮੌਕੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਟੀਬੀ ਮੁਕਤ ਭਾਰਤ ਵਿੱਚ ਹਰ ਕਿਸੇ ਨੂੰ ਆਪਣਾ ਯੋਗਦਾਨ ਦੇਣ ਦੀ ਸਹੁੰ ਚੁਕਾਈ ਗਈ ਅਤੇ ਇੱਕ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਟੀਬੀ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਪੋਸ਼ਣ ਦੀਆਂ ਕਿੱਟਾਂ ਵੀ ਤਕਸੀਮ ਕੀਤੀਆਂ ਗਈਆਂ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਟੀਬੀ ਦੇ ਮਰੀਜ਼ਾਂ ਦੀ ਪਛਾਣ ਕਰਨ ਦੇ ਨਾਲ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟੀਬੀ ਮਰੀਜਾਂ ਦੇ ਪੋਸ਼ਨ ਲਈ ਖੁਰਾਕ ਵੀ ਮੁਹੱਈਆ ਕਰਵਾਈ ਜਾਵੇਗੀ, ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਢੁਕਵੇਂ ਪ੍ਰਬੰਧ ਕੀਤੇ ਹਨ।
ਸਿਵਲ ਸਰਜਨ ਗੁਰਦਾਸਪੁਰ ਡਾ. ਭਾਰਤ ਭੂਸ਼ਣ ਨੇ ਦੱਸਿਆ ਕਿ 2 ਹਫ਼ਤੇ ਤੋਂ ਪੁਰਾਣੀ ਖੰਘ, ਹਲਕਾ ਬੁਖ਼ਾਰ ਰਹਿਣਾ, ਥਕਾਵਟ ਰਹਿਣਾ, ਭੁੱਖ ਘੱਟ ਲੱਗਣਾ, ਵਜਨ ਘੱਟ ਜਾਣਾ ਆਦਿ ਟੀਬੀ ਦੇ ਲੱਛਣ ਹਨ। ਅਜਿਹਾ ਹੋਣ ਤੇ ਤੁਰੰਤ ਬਲਗਮ ਜਾਂ ਥੁੱਕ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਸਬੰਧੀ ਘਰ-ਘਰ ਜਾ ਕੇ ਸਰਵੇ ਕੀਤਾ ਜਾਵੇਗਾ।
ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਰਮੇਸ਼ ਕੁਮਾਰ ਨੇ ਜ਼ਿਲ੍ਹੇ ਵਿੱਚ ਟੀਬੀ ਦੀ ਰੋਕਥਾਮ ਲਈ ਚੱਲ ਰਹੇ ਪ੍ਰੋਗਰਾਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਇਸ ਮੌਕੇ ਏਸੀਐਸ ਡਾਕਟਰ ਪ੍ਰਭਜੋਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ, ਐੱਸ.ਐੱਮ.ਓ. ਬਟਾਲਾ ਰਵਿੰਦਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਸਮੂਹ ਅਮਲਾ ਹਾਜ਼ਰ ਸੀ।
ਇਸ ਦੌਰਾਨ ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ, ਸਰਪੰਚ ਮੰਗਲ ਸਿੰਘ, ਹੈਪੀ ਸਰਪੰਚ, ਯਸਪਾਲ ਚੌਹਾਨ, ਹਰਪਾਲ ਸਿੰਘ, ਸਰਪੰਚ ਸ਼ਿਵਚਰਨ ਸਿੰਘ, ਮਲਕੀਤ ਸਿੰਘ ਵੈਰੋਨੰਗਲ, ਗਗਨ ਬਟਾਲਾ, ਡਾ. ਲਖਬੀਰ ਸਿੰਘ ਭਾਗੋਵਾਲੀਆ, ਮਾਸਟਰ ਜੋਗਿੰਦਰ ਸਿੰਘ ਅੱਚਲੀਗੇਟ ਤੋਂ ਇਲਾਵਾ ਹੋਰ ਵੀ ਸੀਨੀਅਰ ਆਗੂ ਹਾਜ਼ਰ ਸਨ।