
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਦੀਨਾਨਗਰ ਦੇ ਪਿੰਡ ਰਸੂਲਪੁਰ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ
ਦੀਨਾਨਗਰ/ਗੁਰਦਾਸਪੁਰ, 19 ਦਸੰਬਰ (DamanPreet singh) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 19 ਦਸੰਬਰ ਤੋਂ 24 ਦਸੰਬਰ ਤੱਕ ‘ਸੁਸ਼ਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ। ‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਹਿਸੀਲ ਦੀਨਾਨਗਰ ਦੇ ਪਿੰਡ ਰਸੂਲਪੁਰ ਵਿਖੇ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਕੈਂਪ ਵਿੱਚ ਪਹੁੰਚੇ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾ ਕੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਗੁਰਦਾਸਪੁਰ ਵਿੱਚ 40 ਸੇਵਾ ਕੇਂਦਰ ਕੰਮ ਕਰ ਰਹੇ ਹਨ ਜਿੱਥੇ ਲੋਕਾਂ ਨੂੰ 433 ਤਰ੍ਹਾਂ ਦੀਆਂ ਸੇਵਾਵਾਂ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਦੇ ਨਿਰਧਾਰਿਤ ਸਮੇਂ ਅੰਦਰ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁੱਡ ਗਵਰਨੈਂਸ ਵੀਕ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਗੁੱਡ ਗਵਰਨੈਂਸ ਵੀਕ ਤਹਿਤ 24 ਦਸੰਬਰ ਨੂੰ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੌਕੇ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਲਈ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਜਾ ਕੇ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਣਗੇ।