‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਜੌੜਾ ਛੱਤਰਾਂ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ
ਗੁਰਦਾਸਪੁਰ, 19 ਦਸੰਬਰ (DamanPreet singh) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 19 ਦਸੰਬਰ ਤੋਂ 24 ਦਸੰਬਰ ਤੱਕ ‘ਸੁਸ਼ਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ। ‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਹਿਸੀਲ ਗੁਰਦਾਸਪੁਰ ਦੇ ਪਿੰਡ ਜੌੜਾ ਛੱਤਰਾਂ ਵਿਖੇ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ. ਜਿਸ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ ਨੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।
ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਜੋ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਇਹ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅੱਜ ਪਿੰਡ ਜੌੜਾ ਛੱਤਰਾਂ ਵਿਖੇ ਵੱਖ-ਵੱਖ ਵਿਭਾਗਾਂ ਵੱਲੋਂ ਜੋ ਕੈਂਪ ਲਗਾਇਆ ਗਿਆ ਹੈ ਇਸ ਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਇਹੋ ਹੀ ਏਜੰਡਾ ਹੈ ਕਿ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਦੀਆਂ ਪਿੰਡਾਂ ਦੀ ਸੱਥਾਂ ਵਿੱਚ ਮਿਲੇ ਅਤੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ।
ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀਆਂ ਹਦਾਇਤਾਂ ਅਤੇ ਅਗਵਾਈ ਹੇਠ ਅੱਜ ਪਿੰਡ ਜੌੜਾ ਛੱਤਰਾਂ ਵਿਖੇ ਇਹ ਕੈਂਪ ਲਗਾਇਆ ਗਿਆ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 24 ਦਸੰਬਰ ਨੂੰ ਨੌਸ਼ਹਿਰਾ ਮੱਝਾ ਸਿੰਘ ਵਿਖੇ ਵੀ ਅਜਿਹਾ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।