
ਗੁਰਦਾਸਪੁਰ, 26 ਜਨਵਰੀ (DamanPreet singh) – 76ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ ਵੱਲੋਂ ਨਿਭਾਈ ਗਈ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਕੌਮੀ ਝੰਡੇ ਨੂੰ ਸਲਾਮੀ ਭੇਂਟ ਕੀਤੀ ਗਈ।
ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਦੇ ਹਾਜ਼ਰ ਸਟਾਫ਼ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਅੱਜ ਦੇ ਦਿਨ ਸਾਨੂੰ ਖ਼ੁਸ਼ੀਆਂ ਮਨਾਉਣ ਦੇ ਨਾਲ ਇਹ ਆਤਮ ਚਿੰਤਨ ਵੀ ਕਰਨਾ ਚਾਹੀਦਾ ਹੈ ਕਿ ਸੰਵਿਧਾਨ ਨੇ ਜਿਹੜੇ ਕਰਤੱਵ ਸਾਡੇ ਲਈ ਨਿਰਧਾਰਿਤ ਕੀਤੇ ਹਨ ਕੀ ਅਸੀਂ ਉਨ੍ਹਾਂ ਦੀ ਪੂਰਤੀ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਭਗਤਾਂ ਦੇ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਸਮਾਜ ਦੇ ਕਲਿਆਣ ਲਈ ਕੰਮ ਕਰਨ।