ਗੁਰਦਾਸਪੁਰ, 29 ਜਨਵਰੀ (Damanpreet singh) – ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ਓ., ਡੀ.ਬੀ.ਈ.ਈ. ਗੁਰਦਾਸਪੁਰ ਸ੍ਰੀ ਹਰਜਿੰਦਰ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਪ੍ਰਸ਼ੋਤਮ ਸਿੰਘ ਦੇ ਪ੍ਰਬੰਧਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੈਰੀਅਰ ਗਾਈਡੈਂਸ ਦਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਦੇ 30 ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ।
ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਜਿਵੇਂ ਕੈਰੀਅਰ ਗਾਈਡੈਂਸ, ਕੈਰੀਅਰ ਕਾਊਂਸਲਿੰਗ, ਪ੍ਰਤੀਯੋਗੀ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ, ਇੰਟਰਵਿਊ ਦੀ ਤਿਆਰੀ ਵਿਚ ਸਹਾਇਤਾ, ਮੁਫ਼ਤ ਅੰਗਰੇਜ਼ੀ/ਪੰਜਾਬੀ ਦੀ ਟਾਈਪਿੰਗ ਦੀ ਸਿਖਲਾਈ, ਸਵੈ-ਰੁਜ਼ਗਾਰ ਦਾ ਕੰਮ ਕਰਨ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਸ੍ਰੀ ਹਰਜਿੰਦਰ ਸਿੰਘ ਬੇਦੀ ਵੱਲੋਂ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਭਵਿੱਖ ਵਿੱਚ ਲਾਹੇਵੰਦ ਸਾਬਿਤ ਹੋਣ ਵਾਲੇ ਕੋਰਸਾਂ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ । ਉਨ੍ਹਾਂ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਆਏ ਵਿਦਿਆਰਥੀਆ ਨੂੰ ਉਨ੍ਹਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਤੇ ਪ੍ਰੇਰਿਤ ਕਰਨ ਲਈ ਵਾਲ ਆਫ਼ ਫੇਮ ਉੱਤੇ ਵੱਖ ਵੱਖ ਖੇਤਰਾਂ ਵਿੱਚ ਵਿਦਿਆਰਥੀਆਂ ਵੱਲੋਂ ਮਾਰੀਆਂ ਗਈਆਂ ਮੱਲ੍ਹਾਂ ਨੂੰ ਉਤਸ਼ਾਹਿਤ ਕਰਦੀਆ ਸ਼ਖ਼ਸੀਅਤਾਂ ਨੂੰ ਦਿਖਾਇਆ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਕਿੱਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਰਮਿੰਦਰ ਸਿੰਘ ਸੈਣੀ (ਅਧਿਆਪਕ-ਕਮ-ਜ਼ਿਲ੍ਹਾ ਗਾਈਡੈਂਸ ਕਾਊਂਸਲਰ) ਅਤੇ ਸਮੂਹ ਡੀ.ਬੀ.ਈ.ਈ. ਸਟਾਫ਼ ਵੀ ਹਾਜ਼ਰ ਸਨ।