ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਆਦਿੱਤਯ ਨੇ ਅੱਜ ਸਿਵਲ ਹਸਪਤਾਲ, ਗੁਰਦਾਸਪੁਰ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ

ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ

ਐੱਸ.ਐੱਸ.ਪੀ. ਗੁਰਦਾਸਪੁਰ ਨੇ ਨਾਗਰਿਕਾਂ ਨੂੰ ਆਪਣੇ ਇਲਾਕਿਆਂ `ਚ ਨਸ਼ਿਆਂ ਨਾਲ ਸਬੰਧਤ ਗਤੀਵਿਧੀ ਦੀ ਸੂਚਨਾ ਦੇ ਕੇ ਸਹਿਯੋਗ ਕਰਨ ਦੀ ਕੀਤੀ ਅਪੀਲ

ਦੋਵਾਂ ਉੱਚ ਅਧਿਕਾਰੀਆਂ ਨੇ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਜ਼ਿਲ੍ਹਾ ਵਾਸੀਆਂ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ

ਗੁਰਦਾਸਪੁਰ, 13 ਅਪ੍ਰੈਲ (damanpreet singh) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਸ੍ਰੀ ਆਦਿੱਤਯ ਵੱਲੋਂ ਅੱਜ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਚੱਲ ਰਹੇ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਸ੍ਰੀ ਆਦਿੱਤਯ ਨੇ ਨਸ਼ੇ ਛੱਡਣ ਦਾ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਨਸ਼ੇ ਛੱਡ ਕੇ ਜ਼ਿੰਦਗੀ ਨੂੰ ਚੁਣਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਜਿੱਥੇ ਮਨੁੱਖੀ ਸਿਹਤ ਲਈ ਬੇਹੱਦ ਘਾਤਕ ਹਨ ਓਥੇ ਇਸ ਨਾਲ ਪਰਿਵਾਰਕ ਰਿਸ਼ਤੇ ਅਤੇ ਸਮਾਜਿਕ ਤਾਣਾ-ਬਾਣਾ ਵੀ ਖਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਛੱਡਣ ਲਈ ਦ੍ਰਿੜ ਇੱਛਾ-ਸ਼ਕਤੀ ਦਿਖਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਛੱਡ ਰਹੇ ਨੌਜਵਾਨ ਮੁੜ ਆਪਣੇ ਪੈਰਾਂ ਉੱਪਰ ਖੜ੍ਹੇ ਹੋਣ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਨੌਜਵਾਨਾਂ ਨੂੰ ਮੁਫ਼ਤ ਕਿੱਤਾਮੁਖੀ ਸਿਖਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੈ।

ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ੇ ਦੀ ਰੋਕਥਾਮ ਲਈ ਪੂਰੀ ਸਖਤੀ ਨਾਲ ਕੰਮ ਕਰ ਰਹੀ ਹੈ ਅਤੇ ਬੀਤੇ ਸਮੇਂ ਵਿੱਚ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਆਪਣੇ ਇਲਾਕਿਆਂ `ਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਸੂਚਨਾ ਦੇ ਕੇ ਸਹਿਯੋਗ ਕਰਨ ਦੀ ਕੀਤੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਾਰਿਆਂ ਨੂੰ ਇੱਕਜੁਟ ਹੋਣਾ ਚਾਹੀਦਾ ਹੈ।

ਇਸ ਮੌਕੇ ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ ਨੇ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਵਿੱਚ ਮਰੀਜ਼ਾਂ ਦੇ ਕੀਤੇ ਜਾ ਰਹੇ ਇਲਾਜ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਕੇਂਦਰ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਓਟ ਕੇਂਦਰ ਵੀ ਚਲਾਏ ਜਾ ਰਹੇ ਹਨ ਜਿੱਥੇ ਨਸ਼ਾ ਛੱਡਣ ਵਾਲੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *