ਰਮਨ ਬਹਿਲ ਨੇ ਹੇਮਰਾਜਪੁਰ, ਹਯਾਤ ਨਗਰ ਅਤੇ ਸਾਧੂਚੱਕ ਵਿਖੇ ਨਵੇਂ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰਾਂ ਦੇ ਨੀਂਹ ਪੱਥਰ ਰੱਖੇ

ਗੁਰਦਾਸਪੁਰ ਪੰਜਾਬ

ਪੰਜਾਬ ਸਰਕਾਰ ਵੱਲੋਂ ਇਹਨਾਂ ਤਿੰਨ ਹੈਲਥ ਐਂਡ ਵੈਲਨੈਸ ਸੈਂਟਰਾਂ ਉਪਰ 1.05 ਕਰੋੜ ਰੁਪਏ ਖਰਚੇ ਜਾਣਗੇ

ਸਿਹਤ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਪਰਾਲੇ ਜਾਰੀ – ਰਮਨ ਬਹਿਲ

ਗੁਰਦਾਸਪੁਰ, 4 ਅਕਤੂਬਰ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁਰਦਾਸਪੁਰ ਤੋਂ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਵੱਲੋਂ ਅੱਜ ਹਲਕੇ ਦੇ ਪਿੰਡ ਹੇਮਰਾਜਪੁਰ ਹਯਾਤ ਨਗਰ ਅਤੇ ਸਾਧੂਚੱਕ ਵਿਖੇ ਨਵੇਂ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਹਨਾਂ ਤਿੰਨ ਹੈਲਥ ਐਂਡ ਵੈਲਨੈਸ ਸੈਂਟਰਾਂ ਉਪਰ ਪੰਜਾਬ ਸਰਕਾਰ ਵੱਲੋਂ 1.05 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਹੈਲਥ ਐਂਡ ਵੈਲਨੈਸ ਸੈਂਟਰਾਂ ਦੇ ਨੀਂਹ ਪੱਥਰ ਰੱਖਣ ਮੌਕੇ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਿਹਤ ਸ਼ੁਰੂ ਤੋਂ ਹੀ ਪੰਜਾਬ ਸਰਕਾਰ ਦਾ ਤਰਜੀਹੀ ਖੇਤਰ ਰਿਹਾ ਹੈ ਅਤੇ ਸਿਹਤ ਕ੍ਰਾਂਤੀ ਜਰੀਏ ਭਗਵੰਤ ਮਾਨ ਸਰਕਾਰ ਨੇ ਸਿਹਤ ਖੇਤਰ ਵਿੱਚ ਬਹੁਤ ਵੱਡੇ ਕ੍ਰਾਂਤੀਕਾਰੀ ਸੁਧਾਰ ਕੀਤੇ ਹਨ। ਉਹਨਾਂ ਕਿਹਾ ਕਿ ਜਿੱਥੇ ਸਰਕਾਰੀ ਹਸਪਤਾਲਾਂ ਅਤੇ ਹੋਰ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਹੈ ਉੱਥੇ ਪਿੰਡਾਂ ਅਤੇ ਸ਼ਹਿਰਾਂ ਦੇ ਮੁਹੱਲਿਆਂ ਵਿੱਚ ਆਮ ਆਦਮੀ ਕਲੀਨਿਕ ਖੋਲ ਕੇ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਮਿਆਰੀ ਅਤੇ ਮੁਫਤ ਸਿਹਤ ਸੇਵਾਵਾਂ ਦੇਣ ਦਾ ਵੱਡਾ ਕਾਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਇਹ ਨਵੇਂ ਹੈਲਥ ਐਂਡ ਵੈਲਨੈਸ ਸੈਂਟਰ ਵੀ ਲੋਕਾਂ ਨੂੰ ਮਿਆਰੀ ਸੇਧ ਸੇਵਾਵਾਂ ਦੇਣ ਵਿੱਚ ਆਪਣਾ ਵੱਡਾ ਯੋਗਦਾਨ ਪਾਉਣਗੇ।

ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀ ਗੱਲ ਕਰਦਿਆਂ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਉਹਨਾਂ ਵੱਲੋਂ ਗੁਰਦਾਸਪੁਰ ਹਲਕੇ ਲਈ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਿਆਂਦੇ ਗਏ ਹਨ, ਜਿਸ ਨਾਲ ਜ਼ਿਲਾ ਹਸਪਤਾਲ ਬੱਬਰੀ ਗੁਰਦਾਸਪੁਰ ਦੀ ਕਾਇਆ ਕਲਪ ਹੋ ਗਈ ਹੈ। ਉਹਨਾਂ ਕਿਹਾ ਕਿ ਬੰਦ ਪਏ ਪੁਰਾਣੇ ਸਿਵਲ ਹਸਪਤਾਲ ਦੇ ਸ਼ੁਰੂ ਹੋਣ ਨਾਲ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਵੀ ਵੱਡੀ ਸਹੂਲਤ ਮਿਲੀ ਹੈ। ਇਸ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਵੀ ਆਪਣੀਆਂ ਵੱਡੀਆਂ ਸੇਵਾਵਾਂ ਨਿਭਾ ਰਹੇ ਹਨ।

ਸ਼੍ਰੀ ਰਮਨ ਬਹਿਲ ਨੇ ਕਿਹਾ ਕਿ ਉਹਨਾਂ ਨੇ ਹਮੇਸ਼ਾ ਹੀ ਵਿਕਾਸ ਦੀ ਰਾਜਨੀਤੀ ਕੀਤੀ ਹੈ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਲਈ ਉਹਨਾਂ ਦੇ ਯਤਨ ਨਿਰੰਤਰ ਜਾਰੀ ਹਨ।

ਇਸ ਮੌਕੇ ਉਹਨਾਂ ਨਾਲ ਹਨੀ ਬਹਿਲ, ਬਾਬਾ ਬਹਿਲ, ਕਪਿਲ ਬਹਿਲ, ਰਜੇਸ਼ ਬਹਿਲ, ਸਰਪੰਚ ਰਣਵੀਰ ਸਿੰਘ ਰੋਮੀ, ਸਰਪੰਚ ਰਣਜੀਤ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਸੁਖਵਿੰਦਰ ਪਾਲ ਸਿੰਘ ਸਮੇਤ ਇਲਾਕੇ ਦੇ ਹੋਰ ਵੀ ਮੁਹਤਬਰ ਹਾਜ਼ਰ ਸਨ।

Leave a Reply

Your email address will not be published. Required fields are marked *