ਚੇਅਰਮੈਨ ਸ਼ਰਮਾ ਨੇ ਕਿਸਾਨਾਂ ਨੂੰ ਮੰਡੀ ਵਿੱਚ ਸੁਕਾ ਹੀ ਫਸਲ ਲਿਆਉਣ ਦੀ ਕੀਤੀ ਅਪੀਲ
ਗੁਰਦਾਸਪੁਰ,16 ਅਕਤੂਬਰ (ਦਮਨ) ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਨੂੰ ਸਮੇਂ ਸਿਰ ਕਰਨ ਨੂੰ ਸੁਨਿਸ਼ਚਿਤ ਕੀਤਾ ਗਿਆ ਹੈ। ਇਹ ਪ੍ਰਗਟਾਵਾ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਨੇ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਕਾਹਲੋਂ ਸੈਕਟਰੀ ਮਾਰਕਿਟ ਕਮੇਟੀ ਅਤੇ ਅਮਰਿੰਦਰ ਸਿੰਘ ਸੁਪਰਵਾਈਜ਼ਰ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਕੋਲੋ ਝੋਨੇ ਦੀ ਫਸਲ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਚੇਅਰਮੈਨ ਸ਼ਰਮਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿਸ ਤਰ੍ਹਾਂ ਪਿਛਲੇ ਸੀਜਨਾਂ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਗਈ ਸੀ। ਉਸੇ ਤਰ੍ਹਾਂ ਇਸ ਸ਼ੀਜਨ ਵਿੱਚ ਵੀ ਫਸਲ ਦੀ ਖਰੀਦ ਪ੍ਰਕਿਰਿਆ ਦੇ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ।
ਚੇਅਰਮੈਨ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੇ ਸ਼ੀਜਨ ਨੂੰ ਮੁੱਖ ਰੱਖਦਿਆਂ ਅਗਾਊਂ ਖਰੀਦ ਪ੍ਰਬੰਧਾਂ ਦੀਆਂ ਤਿਆਰੀਆਂ ਕੀਤੀਆਂ ਗਈਆਂ ਸਨ ਤਾਂ ਜੋ ਕਿਸਾਨਾਂ ਭਰਾਵਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਕਿਸਾਨ ਭਰਾਵਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕਣ `ਤੇ ਹੀ ਵਢਾਈ ਜਾਵੇ ਤਾਂ ਉਸ ਵਿੱਚ ਨਮੀਂ ਦੀ ਮਾਤਰਾ ਸਹੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਸਾਲ ਝੋਨੇ ਦੀ ਫ਼ਸਲ ਦਾ ਮੁੱਲ 2389/- ਰੁਪਏ ਪ੍ਰਤੀ ਕੁਵਿੰਟਲ ਨਿਰਧਾਰਿਤ ਕੀਤਾ ਗਿਆ ਹੈ ਅਤੇ ਜੇਕਰ ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣਗੇ ਤਾਂ ਉਨ੍ਹਾਂ ਨੂੰ ਆਪਣੀ ਜਿਨਸ ਦਾ ਪੂਰਾ ਮੁੱਲ ਮਿਲੇਗਾ।